
ਕੋਰੋਨਾ ਤੋਂ ਪੰਜਾਬ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਕਐਂਡ ਲਾਕਡਾਊਨ ਅਤੇ ਨਾਈਟ ਕਰਫਿਊ ਦੇ ਐਲਾਨ ਤੋਂ ਬਾਅਦ, ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਕੇਤ ਦਿੱਤਾ ਹੈ ਕਿ ਜੇ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਤਾਂ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।
ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ‘ਤੇ ਪੰਜਾਬ ਦੀ ਸਥਿਤੀ ਦੂਜੇ ਸੂਬਿਆਂ ਨਾਲੋਂ ਬਿਹਤਰ ਹੈ। ਸੂਬਾ ਸਰਕਾਰ ਅਤੇ ਸਿਹਤ ਵਿਭਾਗ ਕੋਰੋਨਾ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਦਿਨ ਰਾਤ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਰ ਰੋਜ਼ 20 ਹਜ਼ਾਰ ਟੈਸਟਾਂ ਦੀ ਸਮਰੱਥਾ ਹਾਸਲ ਕੀਤੀ ਗਈ ਹੈ ਅਤੇ ਅਗਲੇ 15 ਦਿਨਾਂ ਵਿਚ ਇਹ ਸਮਰੱਥਾ ਵਧਾ ਕੇ 30 ਹਜ਼ਾਰ ਟੈਸਟ ਪ੍ਰਤੀ ਦਿਨ ਕਰ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਮੰਨਿਆ ਕਿ ਸੂਬੇ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਚਿੰਤਾਜਨਕ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ। ਕੋਵਿਡ ਨਾਲ ਜੁੜੇ ਨਿਯਮਾਂ ਦੀ ਪਾਲਣਾ ਕਰਨ ਲਈ ਆਮ ਲੋਕਾਂ ਨੂੰ ਅਪੀਲ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਤਾਂ ਉੱਤੇ ਹਰ ਸਮੇਂ ਨਜ਼ਰ ਰੱਖੀ ਜਾ ਰਹੀ ਹੈ। ਜੇ ਜਰੂਰੀ ਹੋਇਆ ਤਾਂ ਸੂਬਾ ਸਰਕਾਰ ਬਾਹਰਲੇ ਰਾਜਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਰੋਕਣ ਲਈ ਸਰਹੱਦ ਨੂੰ ਸੀਲ ਕਰਨ ਲਈ ਕਦਮ ਚੁੱਕ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਸਰਹੱਦ ‘ਤੇ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਪਰ ਇਸ ਪ੍ਰਣਾਲੀ ਨੂੰ ਨਜ਼ਰਅੰਦਾਜ਼ ਕਰਕੇ ਵੀ ਲੋਕ ਪੰਜਾਬ ਪਹੁੰਚ ਰਹੇ ਹਨ, ਜੋ ਕਿ ਵਧੇਰੇ ਖ਼ਤਰਨਾਕ ਹੋ ਸਕਦਾ ਹੈ।